October 10, 2026
ਬੱਤਰਾ / ਚੰਡੀਗੜ
ਚੰਡੀਗੜ੍ਹ 10 ਅਕਤੂਬਰ (ਨਰੂਲਾ):-ਆਮ ਆਦਮੀ ਪਾਰਟੀ ਵਲੋਂ ਐਸਆਈਆਰ ਵਿਰੁੱਧ ਚੰਡੀਗੜ ਵਿਖੇ ਰਾਜ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ।
ਚੰਡੀਗੜ ਪੁਲਿਸ ਨੇ ਮਨੀਸ਼ ਸਿਸੋਦੀਆ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਹਰਦੀਪ ਸਿੰਘ ਮੁੰਡੀਆਂ ਸਮੇਤ ਸੈਂਕੜੇ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸਾਰੇ ਆਗੂਆਂ ਨੂੰ ਬੱਸ ਵਿੱਚ ਸੈਕਟਰ-17 ਥਾਣੇ ਲਿਜਾਇਆ ਗਿਆ। ਇਸ ਦੌਰਾਨ ਆਪ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਪ੍ਰਦਰਸ਼ਨਕਾਰੀ ਸਵੇਰੇ 10 ਵਜੇ ਦੇ ਕਰੀਬ ਰੋਸ ਮਾਰਚ ਕੱਢ ਕੇ ਚੋਣ ਦਫ਼ਤਰ ਦਾ ਘਿਰਾਓ ਕਰਨ ਲਈ ਅੱਗੇ ਵਧ ਰਹੇ ਸਨ। ਪੁਲਿਸ ਨੇ ਪਹਿਲਾਂ ਹੀ ਬੈਰੀਕੇਡਿੰਗ ਕਰਕੇ ਰਸਤਾ ਰੋਕ ਲਿਆ ਸੀ। ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਧੱਕਾ-ਮੁੱਕੀ ਸ਼ੁਰੂ ਹੋ ਗਈ। ਜਿਸ ਤੇ ਪੁਲਿਸ ਨੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਲਗਭਗ 2 ਘੰਟੇ ਬਾਅਦ ਯਾਨੀ 2 ਵਜੇ, ਸਾਰੇ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ।
ਇਸ ਮੌਕੇ ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰੇ ‘ਤੇ ਦੇਸ਼ ਦੇ ਵੋਟਰਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਅਤੇ ਵੋਟਰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਸਿਸੋਦੀਆ ਨੇ ਗਿਆਨੇਸ਼ ਕੁਮਾਰ ਨੂੰ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ। ਸਿਸੋਦੀਆ ਨੇ ਕਿਹਾ ਕਿ ਦੇਸ਼ ਭਰ ਤੋਂ ਨੌਜਵਾਨ ਗਿਆਨੇਸ਼ ਕੁਮਾਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਲਈ ਜੰਤਰ-ਮੰਤਰ ਪਹੁੰਚ ਰਹੇ ਹਨ। ਕੇਂਦਰ ਸਰਕਾਰ ਨੌਜਵਾਨਾਂ ਦੇ ਵਿਰੋਧ ਨੂੰ ਰੋਕਣ ਲਈ ਆਪਣੀ ਪੂਰੀ ਤਾਕਤ ਲਗਾ ਰਹੀ ਹੈ। ਨੌਜਵਾਨਾਂ ਦੇ ਵਿਰੋਧ ਨੂੰ ਰੋਕਣ ਲਈ ਸਰਕਾਰ ਵੱਲੋਂ ਇੰਨੀ ਵੱਡੀ ਤਾਕਤ ਦੀ ਵਰਤੋਂ ਪਹਿਲਾਂ ਕਦੇ ਨਹੀਂ ਦੇਖੀ ਗਈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਵੀ ਨੌਜਵਾਨ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਮ ਆਦਮੀ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ।
Powered by Froala Editor