October 21, 2026
ਨਰੂਲਾ / ਚੰਡੀਗੜ
ਚੰਡੀਗੜ੍ਹ, 21 ਸਤੰਬਰ:
ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਨੂੰ ਆਰਥਿਕ ਸਨਮਾਨ, ਸਮਾਜਿਕ ਸੁਰੱਖਿਆ ਅਤੇ ਇੱਜ਼ਤ ਭਰਿਆ ਜੀਵਨ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਮਹੀਨਾ ਸਤੰਬਰ ਤੱਕ ਬੁਢਾਪਾ ਪੈਨਸ਼ਨ ਸਕੀਮ ਅਧੀਨ 2507.98 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਦਾ ਲਾਭ ਸੂਬੇ ਦੇ 24.07 ਲੱਖ ਬਜ਼ੁਰਗ ਨਾਗਰਿਕਾਂ ਨੂੰ ਮਿਲਿਆ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਅਜਿਹਾ ਸਮਾਵੇਸ਼ੀ ਅਤੇ ਲੋਕ-ਪੱਖੀ ਪ੍ਰਬੰਧ ਸਥਾਪਤ ਕਰਨ ਲਈ ਵਚਨਬੱਧ ਹੈ, ਜਿੱਥੇ ਹਰ ਯੋਗ ਨਾਗਰਿਕ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਪਹੁੰਚੇ। ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਦੇ ਸੁਪਨੇ ਤਹਿਤ ਸਰਕਾਰ ਦਾ ਉਦੇਸ਼ ਇੱਕ ਸੰਵੇਦਨਸ਼ੀਲ ਸਮਾਜ ਦੀ ਉਸਾਰੀ ਕਰਨਾ ਹੈ, ਜਿੱਥੇ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਬੁਢਾਪਾ ਪੈਨਸ਼ਨ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜੋ ਕਿ ਸੂਬੇ ਦੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਸਕੀਮ ਦੇ ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੈ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਪੱਸ਼ਟ ਉਦੇਸ਼ ਹੈ ਕਿ ਕੋਈ ਵੀ ਯੋਗ ਬਜ਼ੁਰਗ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਹਰ ਹੱਕਦਾਰ ਲਾਭਪਾਤਰੀ ਨੂੰ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਸਹਾਇਤਾ ਮਿਲੇ।
ਬੁਢਾਪਾ ਪੈਨਸ਼ਨ ਸਕੀਮ ਦੇ ਮਨੁੱਖੀ ਪੱਖ ਨੂੰ ਉਜਾਗਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਬਜ਼ੁਰਗਾਂ ਲਈ ਆਤਮ-ਵਿਸ਼ਵਾਸ, ਸੁਰੱਖਿਆ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਸਾਧਨ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਮਿਲਣ ਵਾਲੀ ਪੈਨਸ਼ਨ ਬਜ਼ੁਰਗ ਨਾਗਰਿਕਾਂ ਦੀਆਂ ਰੋਜ਼ਾਨਾ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ।
ਡਾ. ਬਲਜੀਤ ਕੌਰ ਨੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਰਜ਼ੀਆਂ ਦੀ ਤਸਦੀਕ ਤੇਜ਼ੀ ਨਾਲ ਕੀਤੀ ਜਾਵੇ, ਯੋਗ ਮਾਮਲਿਆਂ ਨੂੰ ਸਮੇਂ ਸਿਰ ਮਨਜ਼ੂਰੀ ਦਿੱਤੀ ਜਾਵੇ ਅਤੇ ਪੈਨਸ਼ਨ ਦੀ ਵੰਡ ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੋਗ ਬਜ਼ੁਰਗਾਂ ਦੀ ਪਛਾਣ ਕਰਨ, ਲੋੜੀਂਦੀ ਕਾਰਵਾਈ ਪੂਰੀ ਕਰਨ ਵਿੱਚ ਉਨ੍ਹਾਂ ਦੀ ਸਹਾਇਤਾ ਕਰਨ ਅਤੇ ਕਿਸੇ ਵੀ ਪ੍ਰਸ਼ਾਸਕੀ ਰੁਕਾਵਟ ਨੂੰ ਦੂਰ ਕਰਨ।
ਡਾ. ਬਲਜੀਤ ਕੌਰ ਨੇ ਯੋਗ ਬਜ਼ੁਰਗ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਦੇ ਇਸ ਸਕੀਮ ਦਾ ਲਾਭ ਲੈਣ ਲਈ ਅੱਗੇ ਆਉਣ। ਉਨ੍ਹਾਂ ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ, ਪਿੰਡਾਂ ਦੇ ਨੁਮਾਇੰਦਿਆਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੋਗ ਬਜ਼ੁਰਗਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣ।
“ਸਾਡੇ ਬਜ਼ੁਰਗਾਂ ਨੇ ਆਪਣਾ ਜੀਵਨ ਪਰਿਵਾਰ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕੀਤਾ ਹੈ। ਹੁਣ ਇਹ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਕਿ ਉਹ ਸਨਮਾਨ, ਸੁਰੱਖਿਆ ਅਤੇ ਇੱਜ਼ਤ ਨਾਲ ਜੀਵਨ ਬਤੀਤ ਕਰਨ। ਆਓ, ਮਿਲ ਕੇ ਇਹ ਯਕੀਨੀ ਬਣਾਈਏ ਕਿ ਪੰਜਾਬ ਦੇ ਵਿਕਾਸ ਦੇ ਸਫ਼ਰ ਵਿੱਚ ਕੋਈ ਵੀ ਯੋਗ ਬਜ਼ੁਰਗ ਪਿੱਛੇ ਨਾ ਰਹੇ ਅਤੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾਈਏ,” ਡਾ. ਬਲਜੀਤ ਕੌਰ ਨੇ ਕਿਹਾ।
______
Powered by Froala Editor
4000 65 58