August 24, 2026
Jassi / Chandigarh
ਚੰਡੀਗੜ੍ਹ, 24 ਅਗਸਤ:
ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਨੂੰ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ।
ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਈ ਬਿਰਧ ਆਸ਼ਰਮ ਚਲਾਏ ਜਾ ਰਹੇ ਹਨ, ਜਿੱਥੇ ਦੇਖਭਾਲ ਅਤੇ ਸਹਾਇਤਾ ਦੀ ਲੋੜ ਵਾਲੇ ਬਜ਼ੁਰਗਾਂ ਨੂੰ ਸੁਰੱਖਿਅਤ ਰਹਿਣ-ਸਹਿਣ, ਗੁਣਵੱਤਾ ਭਰਪੂਰ ਸੇਵਾਵਾਂ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਤਪਾ ਵਿਖੇ ਢਿੱਲਵਾਂ ਰੋਡ ਸਥਿਤ ਖੱਟੜ ਪੱਟੀ ਵਿੱਚ ਬਣਾਇਆ ਗਿਆ 72 ਬਿਸਤਰਿਆਂ ਵਾਲਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਦਾ ਉਦਘਾਟਨ 9 ਅਪ੍ਰੈਲ, 2025 ਨੂੰ ਕੀਤਾ ਗਿਆ ਸੀ।
ਮੰਤਰੀ ਨੇ ਦੱਸਿਆ ਕਿ ਇਸ ਸਮੇਂ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿੱਚ 16 ਬਜ਼ੁਰਗ ਰਹਿ ਰਹੇ ਹਨ, ਜਿਨ੍ਹਾਂ ਨੂੰ ਸਾਰੀਆਂ ਜ਼ਰੂਰੀ ਸਹੂਲਤਾਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਆਰਾਮਦਾਇਕ ਡਾਰਮਿਟਰੀ ਰਹਿਣ ਦੀ ਸਹੂਲਤ, ਪੌਸ਼ਟਿਕ ਭੋਜਨ, ਕੱਪੜੇ, ਗੁਣਵੱਤਾ ਭਰਪੂਰ ਸਿਹਤ ਸਹੂਲਤਾਂ, ਲਾਇਬ੍ਰੇਰੀ, ਬਾਗਬਾਨੀ ਦੀ ਸਹੂਲਤ, ਹਫ਼ਤੇ ਵਿੱਚ ਦੋ ਵਾਰ ਯੋਗਾ ਸੈਸ਼ਨ ਅਤੇ ਅੰਦਰੂਨੀ ਮਨੋਰੰਜਨ ਗਤੀਵਿਧੀਆਂ ਸ਼ਾਮਲ ਹਨ, ਜੋ ਬਜ਼ੁਰਗਾਂ ਦੀ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੀਆਂ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਕੇਵਲ ਬਜ਼ੁਰਗਾਂ ਨੂੰ ਰਹਿਣ ਲਈ ਥਾਂ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਅਜਿਹਾ ਮਾਹੌਲ ਤਿਆਰ ਕਰਨਾ ਹੈ ਜਿੱਥੇ ਉਹ ਆਪਣੇ ਆਪ ਨੂੰ ਸਨਮਾਨਿਤ, ਸੁਰੱਖਿਅਤ ਅਤੇ ਸਮਾਜ ਨਾਲ ਜੁੜਿਆ ਮਹਿਸੂਸ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਯੋਜਨਾਵਾਂ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਹਰ ਬਜ਼ੁਰਗ ਆਪਣੀ ਜ਼ਿੰਦਗੀ ਦੇ ਇਸ ਪੜਾਅ ਨੂੰ ਮਾਣ-ਸਨਮਾਨ, ਹਮਦਰਦੀ, ਸੁਰੱਖਿਆ ਅਤੇ ਆਪਣਾਪਣ ਨਾਲ ਬਤੀਤ ਕਰ ਸਕੇ।
ਲੋੜਵੰਦ ਬਜ਼ੁਰਗਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿਹੜੇ ਬਜ਼ੁਰਗ ਬੇਸਹਾਰਾ ਹਨ, ਜਿਨ੍ਹਾਂ ਨੂੰ ਦੇਖਭਾਲ ਅਤੇ ਰਹਿਣ ਲਈ ਸਹਾਇਤਾ ਦੀ ਲੋੜ ਹੈ ਜਾਂ ਜੋ ਨਿਰਧਾਰਤ ਯੋਗਤਾ ਮਾਪਦੰਡ ਪੂਰੇ ਕਰਦੇ ਹਨ, ਉਹ ਆਪਣੇ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਸਰਕਾਰੀ ਬਿਰਧ ਆਸ਼ਰਮਾਂ ਵਿੱਚ ਦਾਖਲੇ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਾਪਤ ਕੀਤੀ ਜਾ ਸਕੇ। ਇਹ ਦਾਖਲਾ ਨਿਰਧਾਰਤ ਯੋਗਤਾ ਮਾਪਦੰਡਾਂ ਅਤੇ ਉਪਲਬਧ ਸਥਾਨਾਂ ਦੇ ਅਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਲੋਕਾਂ, ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ, ਸਮਾਜਿਕ ਜਥੇਬੰਦੀਆਂ ਅਤੇ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਬਜ਼ੁਰਗਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਸਹਾਇਤਾ ਕਰਨ ਤਾਂ ਜੋ ਪੰਜਾਬ ਵਿੱਚ ਕੋਈ ਵੀ ਬਜ਼ੁਰਗ ਬਿਨਾਂ ਦੇਖਭਾਲ, ਸਹਾਰੇ ਅਤੇ ਸਨਮਾਨ ਤੋਂ ਵਾਂਝਾ ਨਾ ਰਹੇ।
ਸਮਾਵੇਸ਼ੀ ਅਤੇ ਸੰਵੇਦਨਸ਼ੀਲ ਸਮਾਜ ਦੀ ਸਰਕਾਰ ਦੀ ਸੋਚ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਦੀ ਭਲਾਈ ਅਤੇ ਮਾਣ-ਸਨਮਾਨ ਦੀ ਰੱਖਿਆ ਲਈ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਨੂੰ ਹੋਰ ਮਜ਼ਬੂਤ ਕਰਦੀ ਰਹੇਗੀ ਤਾਂ ਜੋ ਕੋਈ ਵੀ ਬਜ਼ੁਰਗ ਦੇਖਭਾਲ, ਸੁਰੱਖਿਆ ਅਤੇ ਸਹਾਰੇ ਤੋਂ ਵਾਂਝਾ ਨਾ ਰਹੇ।
______
Powered by Froala Editor