September 24, 2026
Makkar / New Delhi
ਨਵੀ ਦਿੱਲੀ, 24 ਸਤੰਬਰ (ਮੱਕੜ ) :-ਕਾਕਰੋਚ ਜਨਤਾ ਪਾਰਟੀ (CJP) ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ 48 ਘੰਟਿਆਂ ਵਿੱਚ ਅਸਤੀਫ਼ਾ ਦੇਣ ਦਾ ਅਲਟੀਮੇਟਮ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਨਾ ਦਿੱਤਾ ਤਾਂ ਦੇਸ਼ ਭਰ ਵਿੱਚ ਅੰਦੋਲਨ ਵਿੱਢ ਦਿੱਤਾ ਜਾਵੇਗਾ ।
ਬੀਤੇ ਦਿਨੀ ਅੰਗਰੇਜ਼ੀ ਦੀ ਇਕ ਅਖਬਾਰ ‘ਦਿ ਇੰਡੀਅਨ ਐਕਸਪ੍ਰੈੱਸ’ ਦੀ ਰਿਪੋਰਟ ਪ੍ਰਕਾਸ਼ਿਤ ਹੋਈ ਸੀ ਜਿਸ ਵਿੱਚ ਐੱਸ.ਆਈ.ਆਰ. (SIR) ਦੀ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੇ ਅੰਦਰ ਉੱਠੀਆਂ ਅਸਹਿਮਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਸੀ ਜਿਸ ਨੂੰ ਲੈ ਕੇ ‘ਕਾਕਰੋਚ ਜਨਤਾ ਪਾਰਟੀ’ ਹਮਲਾਵਰ ਰੁੱਖ ਅਪਣਾਉਂਦੀ ਹੋਈ ਨਜ਼ਰ ਆ ਰਹੀ ਹੈ। ਦਿੱਲੀ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਆਗੂਆਂ ਅਭਿਜੀਤ ਦੀਪਕੇ, ਸੌਰਭ ਦਾਸ ਅਤੇ ਆਸ਼ੂਤੋਸ਼ ਰਾਂਕਾ ਨੇ ਮੁੱਖ ਚੋਣ ਕਮਿਸ਼ਨਰ ‘ਤੇ ਦੇਸ਼ ਦੀ ਲੋਕਤੰਤਰੀ ਵਿਵਸਥਾ ਨੂੰ ਕਮਜ਼ੋਰ ਕਰਨ ਅਤੇ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ‘ਤੇ ਧਾਂਦਲੀ ਕਰਨ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ, CJP ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਤੈਅ ਸਮੇਂ ਦੇ ਅੰਦਰ ਮੁੱਖ ਚੋਣ ਕਮਿਸ਼ਨਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਨਾ ਦਿੱਤਾ, ਤਾਂ ਪਾਰਟੀ ਇੱਕ ਦੇਸ਼ ਵਿਆਪੀ ਅੰਦੋਲਨ ਦੀ ਸ਼ੁਰੂਆਤ ਕਰੇਗੀ।
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਕਿਹਾ ਕਿ ਗਿਆਨੇਸ਼ ਕੁਮਾਰ ਇਸ ਦੇਸ਼ ਦੇ ਸਭ ਤੋਂ ਵੱਡੇ ਗੱਦਾਰ ਹਨ। ਉਨ੍ਹਾਂ ਨੇ SIR ਰਾਹੀਂ ਦੇਸ਼ ਵਿੱਚ 13 ਕਰੋੜ ਤੋਂ ਵੱਧ ਵੋਟਾਂ ਡਿਲੀਟ ਕੀਤੀਆਂ ਹਨ। ਲੋਕਾਂ ਤੋਂ ਵੋਟ ਪਾਉਣ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਦੀਪਕੇ ਨੇ ਕਿਹ ਕਿ ਲੋਕਤੰਤਰ ਦਾ ਮਤਲਬ ਹੈ ਕਿ ਜਨਤਾ ਆਪਣੀ ਸਰਕਾਰ ਚੁਣੇ। ਪਰ ਜਦੋਂ ਤੋਂ ਗਿਆਨੇਸ਼ ਕੁਮਾਰ ਮੁੱਖ ਚੋਣ ਕਮਿਸ਼ਨਰ ਬਣੇ ਹਨ, ਉਦੋਂ ਤੋਂ ਸਰਕਾਰ ਇਹ ਤੈਅ ਕਰ ਰਹੀ ਹੈ ਕਿ ਕੌਣ ਵੋਟ ਪਾਵੇਗਾ ਅਤੇ ਕੌਣ ਨਹੀਂ।
ਦੀਪਕੇ ਨੇ ਅੱਗੇ ਕਿਹਾ, “ਗਿਆਨੇਸ਼ ਕੁਮਾਰ ਜਦੋਂ ਤੋਂ ਚੋਣ ਕਮਿਸ਼ਨਰ ਬਣੇ ਹਨ, ਵੱਖ-ਵੱਖ ਰਾਜਾਂ ਵਿੱਚ 13 ਕਰੋੜ ਤੋਂ ਵੱਧ ਵੋਟਰਾਂ ਦੇ ਨਾਂ ਡਿਲੀਟ ਕੀਤੇ ਗਏ ਹਨ। ਕੀ ਗਿਆਨੇਸ਼ ਕੁਮਾਰ ਜਾਨਬੁੱਝ ਕੇ ਵੋਟਾਂ ਡਿਲੀਟ ਕਰ ਰਹੇ ਹਨ, ਤਾਂ ਜੋ ਭਾਜਪਾ ਕਦੇ ਸੱਤਾ ਤੋਂ ਬਾਹਰ ਨਾ ਜਾਵੇ। ਅਜਿਹਾ ਕਰਨ ਦੀ ਕੀ ਲੋੜ ਪਈ?”
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਭਿਜੀਤ ਦੀਪਕੇ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਨਿਰਪੱਖ ਚੋਣਾਂ ਇੱਕ ਵੱਡਾ ਧੋਖਾ ਬਣ ਚੁੱਕੀਆਂ ਹਨ। CJP ਨੇ ਦਾਅਵਾ ਕੀਤਾ ਕਿ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਦਿੱਲੀ, ਕੇਰਲ, ਤਾਮਿਲਨਾਡੂ, ਕਰਨਾਟਕ ਅਤੇ ਤੇਲੰਗਾਨਾ ਵਰਗੇ ਰਾਜਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਕਰੋੜਾਂ ਵੈਧ ਵੋਟਰਾਂ ਦੇ ਨਾਂ ਸੂਚੀ ਵਿੱਚੋਂ ਹਟਾਏ ਗਏ ਹਨ।
ਅਭਿਜੀਤ ਦੀਪਕੇ ਨੇ ਤਿੱਖੇ ਸ਼ਬਦਾਂ ਵਿੱਚ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਾਮੂਲੀ ਵੋਟਾਂ ਦੇ ਫ਼ਰਕ ਵਾਲੇ ਚੋਣਵੇਂ ਰਾਜਾਂ ਵਿੱਚ ਇਸ ਤਰ੍ਹਾਂ ਵੱਡੇ ਪੱਧਰ ‘ਤੇ ਨਾਂ ਕੱਟਣਾ ਇੱਕ ਸੋਚੀ-ਸਮਝੀ ਸਿਆਸੀ ਰਣਨੀਤੀ ਦਾ ਹਿੱਸਾ ਹੈ, ਤਾਂ ਜੋ ਖੇਤਰੀ ਪਾਰਟੀਆਂ ਅਤੇ ਵਿਰੋਧੀ ਧਿਰ ਦੇ ਮਜ਼ਬੂਤ ਚਿਹਰਿਆਂ ਨੂੰ ਕਮਜ਼ੋਰ ਕੀਤਾ ਜਾ ਸਕੇ।
Powered by Froala Editor
48 CJP