July 21, 2026
Jassi / Chandigarh
*ਚੰਡੀਗੜ੍ਹ/ਲੁਧਿਆਣਾ, 21 ਜੁਲਾਈ:*
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਸਮਰਾਲਾ ਦੇ ਪਿੰਡ ਪੂਨੀਆ ਵਿਖੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਭੂ-ਜਲ 'ਤੇ ਨਿਰਭਰਤਾ ਘਟਾਈ ਜਾ ਸਕੇ ਅਤੇ ਖੇਤੀ ਨੂੰ ਲੰਬੇ ਸਮੇਂ ਲਈ ਟਿਕਾਊ ਬਣਾਇਆ ਜਾ ਸਕੇ।
ਜਲ ਸਰੋਤ ਮੰਤਰੀ ਨੇ ਦੱਸਿਆ ਕਿ ਪਿੰਡ ਪੂਨੀਆ ਲੰਬੇ ਸਮੇਂ ਤੋਂ ਨਹਿਰੀ ਪਾਣੀ ਤੋਂ ਵਾਂਝਾ ਸੀ ਅਤੇ ਇੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਸੀ ਅਤੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਅਧੀਨ 8 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਗਈ ਹੈ, ਜਿਸ ਰਾਹੀਂ 767 ਏਕੜ ਖੇਤੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੀ ਹੈ। ਇਸ ਯੋਜਨਾ ਨਾਲ ਕਰੀਬ 120 ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਉਨ੍ਹਾਂ ਦੇ ਸਿੰਚਾਈ ਖਰਚਿਆਂ ਵਿੱਚ ਕਮੀ ਆਵੇਗੀ।
ਉਨ੍ਹਾਂ ਕਿਹਾ ਕਿ ਸਰਹੰਦ ਨਹਿਰ 1985 ਵਿੱਚ ਬਣੀ ਸੀ, ਪਰ ਇਸ ਇਲਾਕੇ ਨੂੰ ਕਦੇ ਵੀ ਇਸ ਦਾ ਲਾਭ ਨਹੀਂ ਮਿਲਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2022 ਵਿੱਚ ਸਰਕਾਰ ਬਣਨ ਤੋਂ ਬਾਅਦ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਹੰਦ ਨਹਿਰ ਤੋਂ ਹੁਣ ਤੱਕ 7 ਲਿਫਟ ਸਿੰਚਾਈ ਸਕੀਮਾਂ ਰਾਹੀਂ 2,124 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਉਪਲਬਧ ਕਰਵਾਇਆ ਗਿਆ ਹੈ।
ਸ੍ਰੀ ਗੋਇਲ ਨੇ ਦੱਸਿਆ ਕਿ ਸਮਰਾਲਾ ਹਲਕੇ ਵਿੱਚ ਨਹਿਰਾਂ ਦੇ ਨਵੀਨੀਕਰਨ ਅਤੇ ਜ਼ਮੀਨਦੋਜ਼ ਪਾਈਪ ਲਾਈਨਾਂ ਲਈ 43.50 ਕਰੋੜ ਰੁਪਏ ਦੀ ਰਕਮ ਖਰਚ ਕੀਤੀ ਗਈ ਹੈ, ਜਿਸ ਨਾਲ 12,630 ਏਕੜ ਰਕਬੇ ਨੂੰ ਨਿਯਮਤ ਨਹਿਰੀ ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਹਿਰੀ ਸਿੰਚਾਈ ਦੇ ਵਿਸਥਾਰ ਲਈ ਲਗਭਗ 7,200 ਕਰੋੜ ਰੁਪਏ ਖਰਚ ਕਰਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ, ਬਿਜਲੀ ਦੀ ਬਚਤ ਅਤੇ ਖੇਤੀ ਦੀ ਉਪਜਾਊ ਸ਼ਕਤੀ ਵਧਾਉਣ ਵੱਲ ਇਤਿਹਾਸਕ ਕਦਮ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਸਿਰਫ਼ 26 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਹੁੰਦੀ ਸੀ, ਜਦਕਿ ਅੱਜ ਇਹ ਅੰਕੜਾ ਵੱਧ ਕੇ 86 ਫ਼ੀਸਦੀ ਹੋ ਗਿਆ ਹੈ ਅਤੇ ਸਰਕਾਰ ਦਾ ਟੀਚਾ ਇਸ ਨੂੰ 100 ਫ਼ੀਸਦੀ ਤੱਕ ਲੈ ਜਾਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ 1,550 ਪਿੰਡਾਂ ਤੱਕ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਿਆ ਹੈ, ਜੋ ਸੂਬੇ ਦੀ ਸਿੰਚਾਈ ਪ੍ਰਣਾਲੀ ਵਿੱਚ ਇੱਕ ਕ੍ਰਾਂਤੀਕਾਰੀ ਬਦਲਾਅ ਦਾ ਪ੍ਰਤੀਕ ਹੈ।
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਪਿੰਡ ਪੂਨੀਆ ਵਿਖੇ ਉਦਘਾਟਨ ਵਾਲੇ ਸਥਾਨ 'ਤੇ ਬੂਟੇ ਵੀ ਲਗਾਏ।
ਹਲਕਾ ਸਮਰਾਲਾ ਦੇ ਵਿਧਾਇਕ ਸ੍ਰੀ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਪਿੰਡ ਪੂਨੀਆ ਵਿੱਚ ਨਹਿਰੀ ਪਾਣੀ ਦੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਖੇਤੀ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਨਹਿਰੀ ਪਾਣੀ ਦੇ ਜਾਲ ਦਾ ਵਿਸਥਾਰ ਯੋਜਨਾਬੱਧ ਢੰਗ ਨਾਲ ਕਰ ਰਹੀ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਉਪਲਬਧ ਹੋਣ ਨਾਲ ਕਿਸਾਨਾਂ ਦੇ ਡੀਜ਼ਲ ਆਧਾਰਿਤ ਸਿੰਚਾਈ ਦੇ ਖਰਚੇ ਵਿੱਚ ਕਮੀ ਆਵੇਗੀ, ਜਿਸ ਨਾਲ ਉਨ੍ਹਾਂ ਦੀ ਖੇਤੀ ਦੀ ਲਾਗਤ ਘਟੇਗੀ ਅਤੇ ਆਮਦਨ ਵਿੱਚ ਵਾਧਾ ਹੋਵੇਗਾ। ਵਿਧਾਇਕ ਨੇ ਕਿਹਾ ਕਿ ਨਹਿਰੀ ਪਾਣੀ ਵਿੱਚ ਮੌਜੂਦ ਲੋੜੀਂਦੇ ਖੁਰਾਕੀ ਤੱਤ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਵੀ ਸਹਾਇਕ ਸਾਬਤ ਹੁੰਦੇ ਹਨ। ਇਸ ਪ੍ਰੋਜੈਕਟ ਨਾਲ ਖੇਤੀ ਪ੍ਰਣਾਲੀ ਹੋਰ ਮਜ਼ਬੂਤ, ਟਿਕਾਊ ਅਤੇ ਵਾਤਾਵਰਣ ਅਨੁਕੂਲ ਬਣੇਗੀ, ਜਿਸ ਦਾ ਲਾਭ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚੇਗਾ।
ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨੋਜ ਕੁਮਾਰ ਬਾਂਸਲ, ਨਿਗਰਾਨ ਇੰਜੀਨੀਅਰ ਸ੍ਰੀ ਮਨਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਸ੍ਰੀ ਗੌਰਵ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਆਗੂ, ਕਿਸਾਨ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
Powered by Froala Editor
1 10