July 28, 2026
Narula / Chandigarh
ਚੰਡੀਗੜ੍ਹ, 28 ਜੁਲਾਈ 2026:
ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ਵਿੱਤੀ ਸਹਾਇਤਾ ਸਿੱਧੀ ਭੇਜਣ ਦੇ ਫ਼ੈਸਲੇ ਨੂੰ ਸੂਬੇ ਭਰ ਦੀਆਂ ਲਾਭਪਾਤਰੀਆਂ ਵੱਲੋਂ ਭਰਪੂਰ ਸਰਾਹਨਾ ਮਿਲੀ ਹੈ। ਔਰਤਾਂ ਦਾ ਕਹਿਣਾ ਹੈ ਕਿ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਪ੍ਰਣਾਲੀ ਨੇ ਪਾਰਦਰਸ਼ਤਾ, ਸਹੂਲਤ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਇਆ ਹੈ, ਕਿਉਂਕਿ ਸਹਾਇਤਾ ਰਾਸ਼ੀ ਸਿੱਧੀ ਉਨ੍ਹਾਂ ਦੇ ਖ਼ਾਤਿਆਂ ਵਿੱਚ ਪਹੁੰਚ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੁਣ ਤੱਕ ਇਸ ਯੋਜਨਾ ਤਹਿਤ ਡੀਬੀਟੀ ਪ੍ਰਣਾਲੀ ਰਾਹੀਂ ਲਗਭਗ 33 ਲੱਖ ਔਰਤਾਂ ਦੇ ਬੈਂਕ ਖ਼ਾਤਿਆਂ ਵਿੱਚ ₹1,149 ਕਰੋੜ ਸਿੱਧੇ ਜਮ੍ਹਾਂ ਕਰਵਾ ਚੁੱਕੀ ਹੈ। ਅਨੁਸੂਚਿਤ ਜਾਤੀ (ਐੱਸਸੀ) ਵਰਗ ਦੀਆਂ ਯੋਗ ਲਾਭਪਾਤਰੀਆਂ ਨੂੰ ₹1,500 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ਕੁੱਲ ₹4,500 ਦਿੱਤੇ ਗਏ ਹਨ, ਜਦਕਿ ਹੋਰ ਵਰਗਾਂ ਦੀਆਂ ਲਾਭਪਾਤਰੀਆਂ ਨੂੰ ₹1,000 ਦੀਆਂ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ ਕੁੱਲ ₹3,000 ਪ੍ਰਦਾਨ ਕੀਤੇ ਗਏ ਹਨ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 70 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਨਾਲ ਇਹ ਯੋਜਨਾ ਪੰਜਾਬ ਦੀਆਂ ਸਭ ਤੋਂ ਵੱਡੀਆਂ ਔਰਤ-ਕੇਂਦਰਿਤ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਬਣ ਗਈ ਹੈ।
ਸੂਬੇ ਭਰ ਦੀਆਂ ਔਰਤਾਂ ਨੇ ਇਸ ਪਹਿਲ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਰਕਮ ਬਿਨਾਂ ਕਿਸੇ ਵਿਚੋਲੇ ਅਤੇ ਬਿਨਾਂ ਕਿਸੇ ਦੇਰੀ ਦੇ ਸਿੱਧੀ ਅਸਲ ਲਾਭਪਾਤਰੀਆਂ ਤੱਕ ਪਹੁੰਚੀ ਹੈ ਅਤੇ ਉਹ ਲੋੜ ਪੈਣ ’ਤੇ ਇਸ ਰਕਮ ਨੂੰ ਕਦੇ ਵੀ ਕਢਵਾ ਸਕਦੀਆਂ ਹਨ।
ਗੁਰਦਾਸਪੁਰ ਦੀ 32 ਸਾਲਾ ਸਰਬਜੀਤ ਕੌਰ ਨੇ ਕਿਹਾ ਕਿ ਡੀਬੀਟੀ ਪ੍ਰਣਾਲੀ ਨੇ ਇਹ ਯਕੀਨੀ ਬਣਾਇਆ ਹੈ ਕਿ ਵਿੱਤੀ ਸਹਾਇਤਾ ਆਪਣੇ ਅਸਲ ਮਕਸਦ ਲਈ ਹੀ ਵਰਤੀ ਜਾਵੇ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੈਸਾ ਸਿੱਧਾ ਸਾਡੇ ਬੈਂਕ ਖ਼ਾਤਿਆਂ ਵਿੱਚ ਭੇਜਿਆ ਹੈ, ਜਿਸ ਨਾਲ ਮੈਂ ਬਹੁਤ ਖ਼ੁਸ਼ ਹਾਂ। ਜੇ ਇਹ ਰਕਮ ਨਕਦ ਦਿੱਤੀ ਜਾਂਦੀ ਤਾਂ ਸ਼ਾਇਦ ਇਸ ਦੀ ਸਹੀ ਵਰਤੋਂ ਨਾ ਹੁੰਦੀ। ਕੈਸ਼ ਦਿੰਦੇ ਤਾਂ ਆਦਮੀ ਲੋਕ ਪੈੱਗ-ਸ਼ੈਗ ’ਤੇ ਖ਼ਰਚ ਕਰ ਦਿੰਦੇ, ਪਰ ਖ਼ਾਤੇ ਵਿੱਚ ਤਾਂ ਸਾਡਾ ਪੈਸਾ ਸੇਫ਼ ਹੈ। ਹੁਣ ਪੈਸਾ ਸਾਡੇ ਆਪਣੇ ਖ਼ਾਤੇ ਵਿੱਚ ਹੈ ਅਤੇ ਜਦੋਂ ਵੀ ਲੋੜ ਪਵੇਗੀ ਅਸੀਂ ਇਸ ਨੂੰ ਕਢਵਾ ਸਕਦੇ ਹਾਂ। ਇਸ ਨਾਲ ਇਹ ਯਕੀਨੀ ਬਣਦਾ ਹੈ ਕਿ ਇਹ ਰਕਮ ਸਿਰਫ਼ ਘਰੇਲੂ ਲੋੜਾਂ ਅਤੇ ਹੋਰ ਜ਼ਰੂਰੀ ਖ਼ਰਚਿਆਂ ’ਤੇ ਹੀ ਵਰਤੀ ਜਾਵੇ।”
ਇਸ ਦੌਰਾਨ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਮੁੱਖ ਮੰਤਰੀ ਮਾਂਵਾਂ- ਧੀਆਂ ਸਤਿਕਾਰ ਯੋਜਨਾ ਔਰਤਾਂ ਨੂੰ ਆਰਥਿਕ ਸੁਰੱਖਿਆ ਅਤੇ ਸਨਮਾਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਯੋਗ ਲਾਭਪਾਤਰੀ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਸਹਾਇਤਾ ਮਿਲੇ। ਕੋਈ ਵੀ ਯੋਗ ਔਰਤ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਹੀਂ ਰਹੇਗੀ।”
ਡੀਬੀਟੀ ਪ੍ਰਣਾਲੀ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਯੋਜਨਾ ਦੇ ਨੋਡਲ ਬੈਂਕਿੰਗ ਭਾਈਵਾਲ ਐਕਸਿਸ ਬੈਂਕ ਦਾ ਵੀ ਮਹੱਤਵਪੂਰਨ ਯੋਗਦਾਨ ਰਿਹਾ ਹੈ, ਜਿਸ ਨੇ ਪੂਰੇ ਪੰਜਾਬ ਵਿੱਚ ਵੱਡੇ ਪੱਧਰ ’ਤੇ ਲਾਭ ਰਾਸ਼ੀ ਦੇ ਟਰਾਂਸਫਰ ਨੂੰ ਸੁਚਾਰੂ ਬਣਾਇਆ ਹੈ।
ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਰਕਮ ਜਮ੍ਹਾਂ ਕਰਵਾ ਕੇ ਡੀਬੀਟੀ ਪ੍ਰਣਾਲੀ ਨਾ ਸਿਰਫ਼ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾ ਰਹੀ ਹੈ, ਸਗੋਂ ਔਰਤਾਂ ਦੀ ਆਰਥਿਕ ਸੁਤੰਤਰਤਾ ਅਤੇ ਪਰਿਵਾਰ ਵਿੱਚ ਫ਼ੈਸਲੇ ਲੈਣ ਦੀ ਉਨ੍ਹਾਂ ਦੀ ਸਮਰੱਥਾ ਨੂੰ ਵੀ ਮਜ਼ਬੂਤ ਕਰ ਰਹੀ ਹੈ।
_______
Powered by Froala Editor