August 31, 2026
Narula / New Delhi
ਨਵੀਂ ਦਿਲੀ 31। ਅਗਸਤ: ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਵੱਲੋਂ ਚੇਅਰਮੈਨ ਕਿਸ਼ੋਰ ਮਕਵਾਨਾ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਤਰਨਤਾਰਨ ਵਿੱਚ ਇੱਕ ਚੋਣ ਪ੍ਰਚਾਰ ਦੌਰਾਨ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਵਰਗੀ ਸ਼੍ਰੀ ਬੂਟਾ ਸਿੰਘ ਦੇ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕਥਿਤ ਤੌਰ 'ਤੇ ਕੀਤੀ ਗਈ ਇੱਕ ਟਿੱਪਣੀ ਨਾਲ ਸਬੰਧਤ ਮਾਮਲੇ ਵਿੱਚ ਸੁਣਵਾਈ ਕੀਤੀ ਗਈ , ਜਿਸ ਵਿੱਚ ਪੰਜਾਬ ਪੁਲਿਸ ਦੇ ਹਰਪ੍ਰੀਤ ਸਿੰਘ ਡੀ.ਐੱਸ.ਪੀ. ਅਤੇ ਗੁਲਜ਼ਾਰ ਸਿੰਘ ਡੀ.ਐੱਸ.ਪੀ., ਈ.ਓ. ਅਤੇ ਸਾਈਬਰ ਕ੍ਰਾਈਮ ਦੇ ਅਧਿਕਾਰੀ ਹਾਜ਼ਰ ਹੋਏ। ਪਟੀਸ਼ਨਰ ਅਤੇ ਸਵਰਗੀ ਸ਼੍ਰੀ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਵੀ ਸੁਣਵਾਈ ਦੌਰਾਨ ਮੌਜੂਦ ਸਨ।
ਦੋਵਾਂ ਪੱਖਾਂ ਨੂੰ ਸੁਣਨ 'ਤੇ ਉਪਲਬਧ ਸਮੱਗਰੀ ਦਾ ਨਿਰੀਖਣ ਕਰਨ ਤੋਂ ਬਾਅਦ ਕਮਿਸ਼ਨ ਨੇ ਪਿਛਲੀ ਸੁਣਵਾਈ ਵਿੱਚ ਦਿੱਤੇ ਗਏ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਜਾਂਚ ਵਿੱਚ ਦੇਰੀ, ਦੋਸ਼ੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਵਿੱਚ ਦੇਰੀ ਅਤੇ ਕਾਰਵਾਈ ਰਿਪੋਰਟ (Action Taken Report) ਪੇਸ਼ ਨਾ ਕੀਤੇ ਜਾਣ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਕਮਿਸ਼ਨ ਨੇ ਵਿਸ਼ੇਸ਼ ਤੌਰ 'ਤੇ ਸਿਫ਼ਾਰਸ਼ ਕੀਤੀ ਸੀ ਕਿ ਮਾਮਲੇ ਦੀ ਜਾਂਚ ਨਿਯਮਾਂ ਅਨੁਸਾਰ ਨਿਰਧਾਰਤ ਸਮੇਂ ਦੇ ਅੰਦਰ ਪੂਰੀ ਕੀਤੀ ਜਾਵੇ। ਕਮਿਸ਼ਨ ਨੇ ਪਟੀਸ਼ਨਰ ਸ਼੍ਰੀ ਸਰਬਜੋਤ ਸਿੰਘ ਨੂੰ ਕਥਿਤ ਦੋਸ਼ੀਆਂ ਤੋਂ ਧਮਕੀ ਭਰੇ ਫੋਨ ਆਉਣ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਰਦੇਸ਼ ਦਿੱਤਾ ਸੀ ਕਿ ਪਟੀਸ਼ਨਰ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਅੱਤਿਆਚਾਰ ਰੋਕੂ) ਐਕਟ, 1989 ਦੀ ਧਾਰਾ 15A ਦੇ ਤਹਿਤ ਲੋੜੀਂਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ ।
ਸੁਣਵਾਈ ਦੌਰਾਨ ਕਮਿਸ਼ਨ ਨੇ ਪਾਇਆ ਕਿ ਉਸ ਦੇ ਨਿਰਦੇਸ਼ਾਂ 'ਤੇ ਲੋੜੀਂਦੀ ਕਾਰਵਾਈ ਰਿਪੋਰਟ ਅਜੇ ਤੱਕ ਪ੍ਰਾਪਤ ਨਹੀਂ ਹੋਈ ਹੈ। ਲਗਾਤਾਰ ਹੋ ਰਹੀ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਕਮਿਸ਼ਨ ਨੇ ਅੱਜ ਸਿਫ਼ਾਰਸ਼ ਕੀਤੀ ਕਿ ਸਬੰਧਤ ਅਧਿਕਾਰੀ ਕਾਨੂੰਨ ਅਨੁਸਾਰ ਮਾਮਲੇ ਵਿੱਚ ਸ਼ਾਮਲ ਦੋਸ਼ੀ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਅਤੇ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਸਥਿਤੀ ਪੰਜ ਦਿਨਾਂ ਦੇ ਅੰਦਰ ਕਮਿਸ਼ਨ ਨੂੰ ਪੇਸ਼ ਕਰੇ ਕਮਿਸ਼ਨ ਨੇ ਇਹ ਵੀ ਸਿਫ਼ਾਰਸ਼ ਕੀਤੀ ਕਿ ਜਾਂਚ ਨੂੰ ਜਲਦ ਪੂਰਾ ਕੀਤਾ ਜਾਵੇ ।
Powered by Froala Editor