September 20, 2026
Narula / Amritsar
ਚੰਡੀਗੜ੍ਹ, 20 ਸਤੰਬਰ ( ਨਰੂਲਾ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਗ੍ਰੰਥੀ ਮਲਕੀਤ ਸਿੰਘ ਨੂੰ ਅੱਜ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸੁਣਾਏ ਇਕ ਆਦੇਸ਼ ਨਾਲ ਪੰਥ ਵਿਚੋਂ ਛੇਕੇ ਦਿੱਤਾ ਗਿਆ ਹੈ। ਇਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਇਹ ਸਖ਼ਤ ਫੈਸਲਾ ਲਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਈ। ਇਸ ਦੌਰਾਨ ਵੱਖ-ਵੱਖ ਮਾਮਲਿਆਂ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਇਹ ਵੱਡਾ ਫੈਸਲਾ ਸੁਣਾਇਆ ਗਿਆ।
ਇਸ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਿੱਚੋਂ ਭਾਈ ਮੰਗਲ ਸਿੰਘ ਹਾਜ਼ਰ ਸਨ। ਫ਼ੈਸਲੇ ਮਗਰੋਂ ਕਿਹਾ ਗਿਆ ਕਿ ਗੰਭੀਰ ਦੋਸ਼ ਲੱਗਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵਕਾਰ ਨੂੰ ਢਾਹ ਲੱਗੀ ਹੈ। ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਦੋਵਾਂ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਦੋਵਾਂ ਉੱਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਜਾਂਦੀ ਹੈ।
ਫ਼ੈਸਲੇ ਵਿੱਚ ਕਿਹਾ ਗਿਆ ਹੈ ਕਿ ਜਦੋਂ ਤੱਕ ਅਮਰਜੀਤ ਸਿੰਘ ਇਸ ਮਾਮਲੇ ਵਿਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ, ਉਹ ਪੰਥ ਵਿਚੋਂ ਖਾਰਜ ਮੰਨੇ ਜਾਣਗੇ।
ਜਥੇਦਾਰ ਨੇ ਸਾਰੇ ਮੈਂਬਰਾਂ ਦੇ ਨਾਲ-ਨਾਲ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੰਪਰਦਾਵਾਂ—ਜਿਨ੍ਹਾਂ ਵਿੱਚ ਐਸ.ਜੀ.ਪੀ.ਸੀ. ਵੀ ਸ਼ਾਮਲ ਹੈ—ਨੂੰ ਸਾਫ਼-ਸੁਥਰਾ ਅਤੇ ਪਵਿੱਤਰ ਚਰਿੱਤਰ ਬਣਾਈ ਰੱਖਣ ਦੀ ਹਦਾਇਤ ਕੀਤੀ ਹੈ।
Powered by Froala Editor